–ਜ਼ਿਲ੍ਹੇ ਦੇ ਕਿਸੇ ਵੀ ਹਲਕੇ ‘ਚ ਚੋਣ ਪ੍ਰਚਾਰ ਕਰਨ ਤੇ ਬਾਹਰੀ ਵਿਅਕਤੀਆਂ ਦੀ ਮੌਜੂਦਗੀ ‘ਤੇ ਮੁਕੰਮਲ ਪਾਬੰਦੀ
– ਸੁਤੰਤਰ ਤੇ ਨਿਰਪੱਖ ਚੋਣਾਂ ਲਈ ਜ਼ਿਲ੍ਹੇ ‘ਚ ਅਰਧ ਸੈਨਿਕ ਬਲਾਂ ਦੀਆਂ 80 ਕੰਪਨੀਆਂ ਤਾਇਨਾਤ
– ਜ਼ਿਲ੍ਹੇ ‘ਚ 20 ਫਰਵਰੀ (ਪੋਲਿੰਗ ਖਤਮ ਹੋਣ ਤੱਕ) ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੱਕ ਡਰਾਈ ਡੇਅ
– ਜ਼ਿਲ੍ਹਾ ਮੈਜਿਸਟ੍ਰੇਟ ਨੇ ਭਲਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਕੀਤਾ ਐਲਾਨ
– ਜ਼ਿਲ੍ਹੇ ‘ਚ ਧਰਨੇ, ਮੀਟਿੰਗਾਂ, ਨਾਅਰੇਬਾਜ਼ੀ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ
– ਇਹ ਵੀ ਕੀਤਾ ਸਪੱਸ਼ਟ ਕਿ ਘਰ-ਘਰ ਪ੍ਰਚਾਰ ਕਰਨ ‘ਤੇ ਨਹੀਂ ਹੈ ਕੋਈ ਪਾਬੰਦੀ
– ਦੁਹਰਾਇਆ! ਪ੍ਰਸ਼ਾਸ਼ਨ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਵਚਨਬੱਧ
ਲੁਧਿਆਣਾ, 18 ਫਰਵਰੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਚੇਤਾਵਨੀ ਦਿੱਤੀ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ (18 ਫਰਵਰੀ, 2022) ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੱਲੋਂ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਘਰ-ਘਰ ਪ੍ਰਚਾਰ ਕਰਨ ‘ਤੇ ਕੋਈ ਪਾਬੰਦੀ ਨਹੀਂ ਹੈ।
ਆਗਾਮੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਭਲਕੇ (19 ਫਰਵਰੀ, 2022) ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਭਲਕੇ ਇਮਤਿਹਾਨ ਨਹੀਂ ਲੈ ਸਕਦੇ ਹਨ ਅਤੇ ਜੇਕਰ ਭਲਕੇ ਕੋਈ ਪ੍ਰੀਖਿਆਵਾਂ ਹੋਣਗੀਆਂ ਤਾਂ ਸਕੂਲਾਂ ਨੂੰ ਉਨ੍ਹਾਂ ਨੂੰ ਮੁੜ ਤਹਿ ਕਰਨਾ ਪਵੇਗਾ। ਹਾਲਾਂਕਿ ਸਕੂਲਾਂ ਵਿੱਚ (ਸਰਕਾਰੀ ਅਤੇ ਪ੍ਰਾਈਵੇਟ), ਜਿੱਥੇ ਪੋਲਿੰਗ ਬੂਥ ਬਣਾਏ ਗਏ ਹਨ, ਸਫਾਈ ਦੇ ਕੰਮ ਲਈ ਜ਼ਿੰਮੇਵਾਰ ਸਟਾਫ, ਨਿੱਜੀ ਸਟਾਫ (ਚੌਕੀਦਾਰ/ਸੇਵਾਦਾਰ) ਆਦਿ ਨੂੰ ਮੌਜੂਦ ਰਹਿਣਾ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿੱਚ ਧਰਨੇ, ਪ੍ਰਦਰਸ਼ਨ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ‘ਤੇ ਪੂਰਨ ਪਾਬੰਦੀ ਹੈ ਅਤੇ ਅੱਜ ਸ਼ਾਮ 6 ਵਜੇ ਤੋਂ ਪਹਿਲਾਂ ਸਾਰੇ ਵਿਅਕਤੀ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਰਸਮੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਮੁਲਾਜ਼ਮ, ਰਿਟਰਨਿੰਗ ਅਫ਼ਸਰ ਜਾਂ ਫਲਾਇੰਗ ਸਕੁਐਡ ਉਨ੍ਹਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਉਸ ਹਲਕੇ ਦੇ ਵਸਨੀਕ ਹਨ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਯਾਤਰਾ ਯੋਜਨਾ ਇਸ ਤਰ੍ਹਾਂ ਤਿਆਰ ਕਰਨ ਕਿ ਉਹ ਅੱਜ ਸ਼ਾਮ 6 ਵਜੇ ਤੋਂ ਪਹਿਲਾਂ ਦੂਜੇ ਹਲਕਿਆਂ ਨੂੰ ਛੱਡ ਦੇਣ ਅਤੇ ਇਸ ਸਬੰਧੀ ਕੋਈ ਵੀ ਬਹਾਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਧੱਕੇ ਨਾਲ ਜ਼ਿਲ੍ਹਾ ਲੁਧਿਆਣਾ ਦੇ ਕਿਸੇ ਵੀ ਹਿੱਸੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ, ਰਿਟਰਨਿੰਗ ਅਫ਼ਸਰਾਂ ਅਤੇ ਫਲਾਇੰਗ ਸਕੁਐਡ ਵੱਲੋਂ ਸਾਂਝੇ ਤੌਰ ‘ਤੇ ਸਾਰੇ ਹੋਟਲਾਂ/ਲੌਂਜ/ਗੈਸਟ ਹਾਊਸ/ਮੈਰਿਜ ਪੈਲੇਸਾਂ/ਰੈਸਟੋਰੈਂਟਾਂ ਆਦਿ ਦੀ ਮੁਕੰਮਲ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਕੋਈ ਬਾਹਰੀ ਵਿਅਕਤੀ ਨਾ ਠਹਿਰਿਆ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਮਹਿਮਾਨਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਜੇਕਰ ਉਹ ਅੱਜ ਸ਼ਾਮ 6 ਵਜੇ (18 ਫਰਵਰੀ) ਤੋਂ 20 ਫਰਵਰੀ, 2022 ਨੂੰ ਪੋਲਿੰਗ ਮੁਕੰਮਲ ਹੋਣ ਤੱਕ ਕਿਸੇ ਵਿਸ਼ੇਸ਼ ਹਲਕੇ ਦੇ ਵਸਨੀਕ ਨਹੀਂ ਹਨ ਤਾਂ ਉਨ੍ਹਾਂ ਨੂੰ ਇਸ ਹਲਕੇ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ/ਪੁਲਿਸ ਅਧਿਕਾਰੀ/ਫਲਾਇੰਗ ਸਕੁਐਡ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਹਲਕਿਆਂ ਬਾਹਰੀ ਵਿਅਕਤੀ ਪਾਏ ਜਾਂਦੇ ਹਨ ਤਾਂ ਉਨ੍ਹਾ ਖਿਲਾਫ ਐਫ.ਆਈ.ਆਰ. ਦਰਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਿਆਸੀ ਵਰਕਰਾਂ, ਪਾਰਟੀ ਵਰਕਰਾਂ, ਜਲੂਸ ਕੱਢਣ ਵਾਲੇ ਕਾਰਕੁਨਾਂ ਅਤੇ ਚੋਣ ਪ੍ਰਚਾਰ ਕਰਨ ਵਾਲਿਆਂ ਦੀ ਮੌਜੂਦਗੀ ਨੂੰ ਸੀਮਤ ਕਰਨਾ ਹੈ, ਜਿਨ੍ਹਾਂ ਨੂੰ ਚੋਣ ਪ੍ਰਚਾਰ ਲਈ ਵਿਧਾਨ ਸਭਾ ਹਲਕੇ ਤੋਂ ਬਾਹਰੋਂ ਲਿਆਂਦਾ ਗਿਆ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪਾਬੰਦ ਹੈ ਕਿ ਸਾਰੇ ਕਰਮਚਾਰੀ, ਜੋ ਕਿ ਵੋਟਰ ਨਹੀਂ ਹਨ, ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਹਲਕਾ ਛੱਡਣ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਹੋਇਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ 18 ਤੋਂ 20 ਫਰਵਰੀ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਘੋਸ਼ਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰਨਾਂ ਥਾਵਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਵੋਟਾਂ ਪਾਉਣ ਅਤੇ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 80 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਤਿੰਨ ਵਿਧਾਨ ਸਭਾ ਹਲਕਿਆਂ ਲੁਧਿਆਣਾ (ਦੱਖਣੀ), ਆਤਮ ਨਗਰ ਅਤੇ ਲੁਧਿਆਣਾ (ਕੇਂਦਰੀ) ਵਿੱਚ 100 ਫੀਸਦੀ ਪੋਲਿੰਗ ਬੂਥਾਂ ‘ਤੇ ਕੇਂਦਰੀ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ, ਜਦਕਿ ਗਿੱਲ ਹਲਕੇ ਦੇ ਕੁਝ ਹਿੱਸਿਆਂ ਵਿੱਚ ਸਖ਼ਤ ਚੌਕਸੀ ਰੱਖੀ ਜਾਵੇਗੀ, ਜਿੱਥੇ ਬੀਤੇ ਦਿਨੀਂ ਅਣਸੁਖਾਵੀਂ ਘਟਨਾ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਬਾਕੀ ਹਲਕਿਆਂ ਵਿੱਚ ਕੇਂਦਰੀ ਅਰਧ ਸੈਨਿਕ ਬਲ, ਹਰੇਕ ਹਲਕੇ ਵਿੱਚ 5 ਕੁਇਕ ਰੀਐਕਸ਼ਨ ਟੀਮਾਂ ਅਤੇ ਹੋਰ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਨੀਮ ਫੌਜੀ ਬਲਾਂ ਦੇ ਸੀਨੀਅਰ ਕਮਾਂਡੈਂਟ ਪੱਧਰ ਦੇ ਅਧਿਕਾਰੀ, ਡੀ.ਸੀ.ਪੀ. ਪੱਧਰ, ਏ.ਡੀ.ਸੀ.ਪੀ/ਐਸ.ਪੀ. ਪੱਧਰ, ਏ.ਸੀ.ਪੀ/ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਕਰਨਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 235 ਸੈਕਟਰ ਅਫ਼ਸਰ/ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ ਅਤੇ ਉਹ ਵੀ ਉਨ੍ਹਾਂ ਦੇ ਨਾਲ ਹੋਣਗੇ।
Author: DISHA DARPAN
Journalism is all about headlines and deadlines.