ਤਲਵੰਡੀ ਸਾਬੋ, 1 ਮਾਰਚ ( ਰੇਸ਼ਮ ਸਿੰਘ ਦਾਦੂ )- ਰਾਮਾਂ ਮੰਡੀ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਰਹਿ ਰਹੇ ਹਨ ਅਤੇ ਲੋਕ ਪੁਲੀਸ ਦੀ ਕਾਰਵਾਈ ’ਤੇ ਸਵਾਲ ਉਠਾ ਰਹੇ ਹਨ। ਮੰਗਲਵਾਰ ਦੁਪਹਿਰ 12 ਵਜੇ ਦੇ ਕਰੀਬ ਬਾਈਕ ਸਵਾਰ ਦੋ ਨੌਜਵਾਨਾਂ ਨੇ ਪੀਰਖਾਨਾ ਰੋਡ ‘ਤੇ ਪੈਦਲ ਜਾ ਰਹੀ ਇਕ ਔਰਤ ਤੋਂ ਦਵਾਈਆਂ ਵਾਲਾ ਬੈਗ ਅਤੇ ਕੁਝ ਪੈਸਿਆਂ ਵਾਲਾ ਬੈਗ ਖੋਹ ਲਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਤ ਔਰਤ ਕਰਮਜੀਤ ਕੌਰ ਵਾਸੀ ਕਲਾਲਵਾਲਾ ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਦਵਾਈ ਲੈ ਕੇ ਪੈਦਲ ਹੀ ਬੱਸ ਸਟੈਂਡ ਵੱਲ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਹੱਥੋਂ ਬੈਗ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਬੈਗ ਵਿੱਚ ਦਵਾਈ ਤੋਂ ਇਲਾਵਾ ਤਿੰਨ ਹਜ਼ਾਰ ਰੁਪਏ ਅਤੇ ਕੁਝ ਜ਼ਰੂਰੀ ਦਸਤਾਵੇਜ਼ ਵੀ ਸਨ। ਇਸ ਦੇ ਨਾਲ ਹੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਉਪਰੰਤ ਪੁਲਿਸ ਮੁਲਾਜ਼ਮਾਂ ਵੱਲੋਂ ਔਰਤ ਦੇ ਬਿਆਨ ਦਰਜ ਕੀਤੇ ਗਏ। ਇਸ ਦੇ ਨਾਲ ਹੀ ਸ਼ਹਿਰ ‘ਚ ਵਧ ਰਹੀਆਂ ਚੋਰੀਆਂ ਅਤੇ ਸਨੈਚਿੰਗ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਲੋਕ ਅਧਿਕਾਰ ਲਹਿਰ ਦੇ ਗਗਨਦੀਪ ਬਹਿਣੀਵਾਲ ਨੇ ਕਿਹਾ ਕਿ ਜੇਕਰ ਚੋਰੀ ਦੀਆਂ ਵਾਰਦਾਤਾਂ ਤੋਂ ਬਾਅਦ ਚੋਰ ਨੂੰ ਰੰਗੇ ਹੱਥੀਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਪੁਲਿਸ ਹਵਾਲੇ ਕੀਤਾ ਜਾਂਦਾ ਹੈ। ਪੁਲਿਸ ਨੇ ਪੀੜਤ ਦੇ ਖਿਲਾਫ ਹੀ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ ਹੈ, ਜਿਸ ਕਾਰਨ ਚੋਰਾਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਉਹ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਚੋਰੀਆਂ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਉਸਾਰੀ ਅਧੀਨ ਕੋਠੀ ਵਿੱਚ ਹੋਈ ਚੋਰੀ ਦੀ ਘਟਨਾ ਤੋਂ ਬਾਅਦ ਜ਼ਿਲ੍ਹਾ ਪੁਲੀਸ ਅਧਿਕਾਰੀ ਵੱਲੋਂ ਉਸ ਇਲਾਕੇ ਦੇ ਪੁਲੀਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਸ਼ਹਿਰ ਵਿੱਚ ਚੋਰੀ ਦੀਆਂ ਸੈਂਕੜੇ ਵਾਰਦਾਤਾਂ ਹੋਣ ਦੇ ਬਾਵਜੂਦ ਪੁਲੀਸ ਦੇ ਉੱਚ ਅਧਿਕਾਰੀ ਕੋਈ ਧਿਆਨ ਨਹੀਂ ਦਿੰਦੇ। ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ, ਜਿਸ ਕਾਰਨ ਲੋਕਾਂ ਨੂੰ ਪੁਲੀਸ ਦਾ ਦੋਹਰਾ ਚਿਹਰਾ ਦੇਖਣ ਨੂੰ ਮਿਲ ਰਿਹਾ ਹੈ।
Author: DISHA DARPAN
Journalism is all about headlines and deadlines.