ਬਠਿੰਡਾ, 2 ਜੁਲਾਈ : ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਪੋਰਟਲ ’ਤੇ ਬਕਾਇਆ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਸਬੰਧੀ ਕੀਤੀ ਗਈ ਵਿਸ਼ੇਸ਼ ਬੈਠਕ ਦੌਰਾਨ ਕੀਤਾ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਜਾਂ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਬਕਾਇਆ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਚੈੱਕ ਤੇ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਸਾਰੰਗਪ੍ਰੀਤ ਸਿੰਘ ਔਜਲਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ, ਡੀਐਸਪੀ ਸ੍ਰੀ ਸੰਜੀਵ ਸਿੰਗਲਾ, ਨਜ਼ਾਰਤ ਸ਼ਾਖਾ ਦੇ ਅਧਿਕਾਰੀ ਸ. ਨਵਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਦਾ ਪੀਏ ਸ਼੍ਰੀ ਨਿਰਮਲ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ
Author: DISHA DARPAN
Journalism is all about headlines and deadlines.