ਲੁਧਿਆਣਾ, 06 ਜਨਵਰੀ 2024 ( ਰਾਵਤ )- ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੱਗੇ ਕੈਂਪ ਮੌਕੇ ਸ਼ਿਰਕਤ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ, ਸ੍ਰੀ ਦਲਜੀਤ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਹੇਠ ਲੱਗੇ ਕੈਂਪਾਂ ਦਾ ਜਾਇਜਾ ਲੈਣ ਲਈ ਉਹ ਲੁਧਿਆਣਾ ਪਹੁੰਚੇ ਹਨ ਜਿਸ ਵਿੱਚ ਲੰਬਿਤ ਇੰਤਕਾਲਾਂ ਦੀ ਜਾਣਕਾਰੀ ਲਈ ਗਈ ਅਤੇ ਸਪੱਸ਼ਟ ਕੀਤਾ ਆਮ ਲੋਕਾਂ ਨੂੰ ਦਫ਼ਤਰਾਂ ਵਿੱਚ ਕਿਸੇ ਵੀ ਹੀਲੇ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗੀ। ਉਨ੍ਹਾਂ ਕਿਹਾ ਕਾਨੂੰਨੀ ਅੜਚਣ, ਘਰੇਲੂ ਵਿਵਾਦ ਜਾਂ ਕੋਈ ਹੋਰ ਮਸਲੇ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਇੰਤਕਾਲ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਵਿੱਚ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਤਾਹੀ ਸਾਹਮਣੇ ਆਉਂਦੀ ਹੈ ਤਾਂ ਉਸਦੇ ਖਿਲਾਫ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਦਾ ਕੰਮ ਸਮੇਂ ਸਿਰ ਕਰਨ, ਚੰਗਾ ਵਿਵਹਾਰ ਕਰਨ ਵਾਲੇ ਅਧਿਕਾਰੀਆਂ ਦਾ ਮਾਣ-ਸਨਮਾਨ ਵੀ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਅੱਜ ਛੁੱਟੀ ਵਾਲੇ ਦਿਨ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਖੰਨਾ, ਪਾਇਲ, ਮਲੌਦ, ਸਮਰਾਲਾ, ਮਾਛੀਵਾੜਾ, ਕੂੰਮ ਕਲਾਂ, ਸਾਹਨੇਵਾਲ, ਡੇਹਲੋਂ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਮੁਲਾਂਪੁਰ ਦਾਖਾ, ਜਗਰਾਉਂ, ਸਿੱਧਵਾਂ ਬੇਟ, ਰਾਏਕੋਟ ਆਦਿ ਵਿਖੇ ਵਿਸ਼ੇਸ਼ ਕੈਂਪਾਂ ਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਗਿਆ।ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੁਹਰਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਸਰਕਲਾਂ ਦੀ ਰੈਸਨੇਲਾਈਜੇਸ਼ਨ ਵੀ ਕੀਤੀ ਜਾਵੇਗੀ ਤਾਂ ਜੋ ਸਾਰੇ ਸਰਕਲਾਂ ਵਿੱਚ ਬਰਾਬਰ ਕੰਮ ਵੰਡਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਵਿੱਚ ਕਿਸੇ ਸਰਕਲ ਅਧੀਨ ਬਿਲਕੁੱਲ ਵੀ ਕੰਮ ਨਹੀਂ ਹੈ ਕਿਤੇ ਬਹੁਤ ਜ਼ਿਆਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।
Author: DISHA DARPAN
Journalism is all about headlines and deadlines.