ਲੁਧਿਆਣਾ, 28 ਫਰਵਰੀ ( ਰਾਵਤ ) – – ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਡਾ. ਕੇਤਨ ਬਲੀਰਾਮ ਪਾਟਿਲ ਨਾਲ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਅੰਦਰਲੇ ਘੇਰੇ ਦੀ ਸੁਰੱਖਿਆ ਕੇਂਦਰੀ ਪੈਰਾ ਮਿਲਟਰੀ ਫੋਰਸ, ਦੂਜੇ ਘੇਰੇ ਦੀ ਪੰਜਾਬ ਆਰਮਡ ਪੁਲਿਸ ਵੱਲੋਂ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਟਰਾਂਗ ਰੂਮਾਂ ਨੂੰ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਸੁਰੱਖਿਆ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ }ਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰਾਂਗ ਰੂਮਾਂ ਦੀ ਚੌਵੀ ਘੰਟੇ ਈ-ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਲੜ ਰਹੇ ਸਾਰੇ ਉਮੀਦਵਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਆਪਣੇ ਨੁਮਾਇੰਦੇ ਤਾਇਨਾਤ ਕਰ ਸਕਦੇ ਹਨ।
ਸ੍ਰੀ ਰਾਜੂ ਨੇ ਦੱਸਿਆ ਕਿ ਹਰੇਕ ਰਿਟਰਨਿੰਗ ਅਫਸਰ ਦਿਨ ਵਿੱਚ ਦੋ ਵਾਰ (ਸਵੇਰੇ ਅਤੇ ਸ਼ਾਮ) ਸਟਰਾਂਗ ਰੂਮਾਂ (ਸਿਰਫ ਅੰਦਰਲੇ ਘੇਰੇ ਤੱਕ) ਦਾ ਦੌਰਾ ਕਰ ਰਿਹਾ ਹੈ ਅਤੇ ਲੌਗ ਬੁੱਕ ਅਤੇ ਵੀਡੀਓਗ੍ਰਾਫੀ ਦੀ ਜਾਂਚ ਕਰਕੇ ਰਿਪੋਰਟ ਭੇਜ ਰਿਹਾ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਹਲਕਿਆਂ ਲਈ ਸਥਾਪਤ ਸਟਰਾਂਗ ਰੂਮ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਦਾਖਾ ਹਲਕੇ ਲਈ ਸਟਰਾਂਗ ਰੂਮ ਡਾ. ਸੁਖਦੇਵ ਸਿੰਘ ਭਵਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ, ਲੁਧਿਆਣਾ ਉੱਤਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ., ਲੁਧਿਆਣਾ ਪੱਛਮੀ ਲਈ ਜਿਮਨੇਜ਼ੀਅਮ ਹਾਲ ਪੀ.ਏ.ਯੂ., ਸਮਰਾਲਾ ਤੇ ਲੁਧਿਆਣਾ ਪੂਰਬੀ ਲਈ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ, ਸਾਹਨੇਵਾਲ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਾਲਜ ਰੋਡ, ਲੁਧਿਆਣਾ, ਰਾਏਕੋਟ ਲਈ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ, ਲੁਧਿਆਣਾ ਸੈਂਟਰਲ ਲਈ ਆਰੀਆ ਕਾਲਜ, ਆਡੀਟੋਰੀਅਮ ਹਾਲ ਵਿਖੇ, ਲੁਧਿਆਣਾ ਦੱਖਣੀ ਲਈ ਕੇ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ, ਹਲਕਾ ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਰਿਸ਼ੀ ਨਗਰ, ਪਾਇਲ ਲਈ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ, ਖੰਨਾ ਲਈ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ। (ਅਪਲਾਈਡ ਸਾਇੰਸ ਬਿਲਡਿੰਗ) ਅਤੇ ਆਤਮ ਨਗਰ ਹਲਕੇ ਲਈ ਜੀ.ਐਨ.ਈ. ਪੋਲੀਟੈਕਨਿਕ ਕਾਲਜ, ਗਿੱਲ ਰੋਡ ਲੁਧਿਆਣਾ ਦੀ ਨਵੀਂ ਬਿਲਡਿੰਗ ਵਿਖੇ ਸਟਰਾਂਗ ਰੂਮ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਸਟਰਾਂਗ ਰੂਮਾਂ ਦੇ ਬਾਹਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।
Author: DISHA DARPAN
Journalism is all about headlines and deadlines.