– ਕਿਹਾ! ਚੋਣ ਪ੍ਰਮਾਣ ਪੱਤਰ ਪ੍ਰਾਪਤ ਕਰਨ ਮੌਕੇ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀਆਂ ਹੀ ਜਾ ਸਕਣਗੇ
– ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
– ਉਮੀਦਵਾਰਾਂ ਨੂੰ ਵੋਟਰਾਂ ਦੇ ਫੈਸਲੇ ਦਾ ਸਨਮਾਨ ਕਰਨ ਦੀ ਕੀਤੀ ਅਪੀਲ
ਲੁਧਿਆਣਾ, 09 ਮਾਰਚ (ਰਾਵਤ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਗਿਣਤੀ ਤੋਂ ਬਾਅਦ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ ਹੈ, ਜਿਸ ਕਾਰਨ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਕਿ ਵੋਟਾਂ ਦੀ ਗਿਣਤੀ ਮੌਕੇ ਹੁੱਲੜਬਾਜੀ ਜਾਂ ਰਿਜਲਟ ਘੋਸ਼ਿਤ ਹੋਣ ਤੋਂ ਬਾਅਦ ਕਿਸੇ ਵੀ ਕਿਸਮ ਦੇ ਫਤਿਹ ਜਲੂਸ ‘ਤੇ ਮਨਾਹੀ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਾਰਤੀ ਚੋਣ ਕਮਿਸ਼ਨ ਨੇ ਸਰਟੀਫਿਕੇਟ ਪ੍ਰਾਪਤ ਕਰਨ ਮੌਕੇ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਨੂੰ ਵੀ ਸੀਮਤ ਕਰ ਦਿੱਤਾ ਹੈ ਜਿਸਦੇ ਤਹਿਤ ਹੁਣ ਚੋਣ ਸਰਟੀਫਿਕੇਟ ਜਾਰੀ ਕਰਵਾਉਣ ਮੌਕੇ ਉਮੀਦਵਾਰ ਜਾਂ ਉਸਦੇ ਅਧਿਕਾਰਤ ਪ੍ਰਤੀਨਿਧੀ ਦੇ ਨਾਲ ਸਿਰਫ ਦੋ ਵਿਅਕਤੀ ਹੀ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 14 ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਜਦਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਕੱਲ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ 14 ਗਿਣਤੀ ਕੇਂਦਰਾਂ ਵਿੱਚ ਇੱਕੋ ਸਮੇਂ ਸ਼ੁਰੂ ਹੋਵੇਗੀ। ਉਨ੍ਹਾ ਕਿਹ ਕਿ 14 ਕਾਊਂਟਿੰਗ ਅਬਜ਼ਰਵਰਾਂ ਦੁਆਰਾ ਪੂਰੀ ਗਿਣਤੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਲਕੇ ਵੋਟਰਾਂ ਵੱਲੋਂ ਦਿੱਤੇ ਫ਼ਤਵੇ ਦਾ ਸਤਿਕਾਰ ਕਰਨ, ਭਾਵੇਂ ਉਹ ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਵੀ ਹੋਵੇ।
ਉਨ੍ਹਾਂ ਦੱਸਿਆ ਕਿ ਸੂਚਨਾ ਦੇ ਸਮੇਂ ਸਿਰ ਪ੍ਰਸਾਰ ਲਈ ਸਾਰੇ 14 ਗਿਣਤੀ ਕੇਂਦਰਾਂ ਦੇ ਬਾਹਰ ਮੀਡੀਆ ਸੈਂਟਰ ਸਥਾਪਿਤ ਕੀਤੇ ਗਏ ਹਨ, ਜਦਕਿ ਇੱਕ ਸਾਂਝਾ ਮੀਡੀਆ ਸੈਂਟਰ ਬੱਚਤ ਭਵਨ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਲਈ ਇਨ੍ਹਾਂ 14 ਗਿਣਤੀ ਕੇਂਦਰਾਂ ਵਿੱਚ ਦਾਖਲਾ ਸਿਰਫ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪਛਾਣ ਪੱਤਰਾਂ ਰਾਹੀਂ ਹੀ ਹੋਵੇਗਾ।
ਉਨ੍ਹਾਂ ਦੱਸਿਆ ਕਿ ਮੀਡੀਆ ਕਰਮਚਾਰੀ ਆਪਣੇ ਮੋਬਾਇਲ ਫੋਨ ਸਿਰਫ ਮੀਡੀਆ ਸੈਂਟਰ ਤੱਕ ਲੈ ਕੇ ਜਾ ਸਕਦੇ ਹਨ ਅਤੇ ਕਾਊਂਟਿੰਗ ਹਾਲਾਂ (ਹਾਲਾਂ ਦੇ ਅੰਦਰ ਸਿਰਫ ਫੋਟੋ ਕੈਮਰਾ ਅਤੇ ਵੀਡੀਓ ਕੈਮਰੇ ਦੀ ਇਜਾਜ਼ਤ ਹੈ) ਦੇ ਅੰਦਰ ਕੋਈ ਵੀ ਮੋਬਾਇਲ ਫੋਨ ਨਹੀਂ ਲਿਜਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਦੀ ਚੱਲ ਰਹੀ ਗਿਣਤੀ ਮੌਕੇ ਈ.ਵੀ.ਐਮ. ਦੇ ਬਿਲਕੁੱਲ ਨੇੜਿਓ ਫੋਟੋ ਖਿੱਚਣ ਅਤੇ ਵੀਡੀਓ ਬਣਾਉਣ ਦੀ ਮਨਾਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕਾਉਂਟਿੰਗ ਅਬਜ਼ਰਵਰ ਤੋਂ ਇਲਾਵਾ ਕਿਸੇ ਨੂੰ ਵੀ (ਉਮੀਦਵਾਰ ਜਾਂ ਰਿਟਰਨਿੰਗ ਅਫ਼ਸਰ/ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਨਹੀਂ) ਕਾਊਂਟਿੰਗ ਹਾਲ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਗਿਣਤੀ ਰੂਮ ਵਿੱਚ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7-7) ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਜਿੱਤ ਦਾ ਜਲੂਸ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 14 ਕਾਊਂਟਿੰਗ ਅਬਜ਼ਰਵਰਾਂ ਦੀ ਦੇਖ ਰੇਖ ਵਿੱਚ ਨੇਪਰੇ ਚਾੜ੍ਹੀ ਜਾਵੇਗੀ।ਦਾਖਾ ਹਲਕੇ ਦੀ ਗਿਣਤੀ ਡਾ. ਸੁਖਦੇਵ ਸਿੰਘ ਭਵਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ, ਲੁਧਿਆਣਾ ਉੱਤਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ., ਲੁਧਿਆਣਾ ਪੱਛਮੀ ਲਈ ਜਿਮਨੇਜ਼ੀਅਮ ਹਾਲ ਪੀ.ਏ.ਯੂ., ਸਮਰਾਲਾ ਤੇ ਲੁਧਿਆਣਾ ਪੂਰਬੀ ਲਈ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ, ਸਾਹਨੇਵਾਲ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਾਲਜ ਰੋਡ, ਲੁਧਿਆਣਾ, ਰਾਏਕੋਟ ਲਈ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ, ਲੁਧਿਆਣਾ ਸੈਂਟਰਲ ਲਈ ਆਰੀਆ ਕਾਲਜ, ਆਡੀਟੋਰੀਅਮ ਹਾਲ ਵਿਖੇ, ਲੁਧਿਆਣਾ ਦੱਖਣੀ ਲਈ ਕੇ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ, ਹਲਕਾ ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਰਿਸ਼ੀ ਨਗਰ, ਪਾਇਲ ਲਈ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ, ਖੰਨਾ ਲਈ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ (ਅਪਲਾਈਡ ਸਾਇੰਸ ਬਿਲਡਿੰਗ) ਵਿਖੇ ਅਤੇ ਆਤਮ ਨਗਰ ਹਲਕੇ ਲਈ ਜੀ.ਐਨ.ਈ. ਪੋਲੀਟੈਕਨਿਕ ਕਾਲਜ, ਗਿੱਲ ਰੋਡ ਲੁਧਿਆਣਾ ਦੀ ਨਵੀਂ ਬਿਲਡਿੰਗ ਵਿਖੇ ਗਿਣਤੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਖੰਨਾ ਹਲਕੇ ਵਿੱਚ 14 ਰਾਊਂਡ, ਸਮਰਾਲਾ ਵਿੱਚ 16 ਰਾਊਂਡ, ਸਾਹਨੇਵਾਲ ਵਿੱਚ 21 ਰਾਊਂਡ, ਲੁਧਿਆਣਾ ਪੂਰਬੀ ਵਿੱਚ 17 ਰਾਊਂਡ, ਲੁਧਿਆਣਾ ਦੱਖਣੀ ਵਿੱਚ 13 ਰਾਊਂਡ, ਆਤਮ ਨਗਰ ਵਿੱਚ 13 ਰਾਊਂਡ, ਲੁਧਿਆਣਾ ਕੇਂਦਰੀ ਵਿੱਚ 13 ਰਾਊਂਡ, ਲੁਧਿਆਣਾ ਪੱਛਮੀ ਵਿੱਚ 15 ਰਾਊਂਡ, ਉੱਤਰੀ ਲੁਧਿਆਣਾ ਵਿੱਚ 15 ਰਾਊਂਡ, ਗਿੱਲ ਦੇ 22 ਰਾਊਂਡ, ਪਾਇਲ ਦੇ 15 ਰਾਊਂਡ, ਦਾਖਾ ਦੇ 16 ਰਾਊਂਡ, ਰਾਏਕੋਟ ਦੇ 14 ਰਾਊਂਡ ਅਤੇ ਜਗਰਾਉਂ ਹਲਕੇ ਦੇ 15 ਰਾਊਂਡ ਹੋਣਗੇ।
ਉਨ੍ਹਾ ਦੱਸਿਆ ਕਿ ਕੱਲ 10 ਮਾਰਚ ਨੂੰ ਗਿਣਤੀ ਕੇਂਦਰਾਂ ਵਾਲੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਭਲਕੇ 10 ਮਾਰਚ ਨੂੰ ਡਰਾਈ ਡੇਅ ਦਾ ਵੀ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਟ੍ਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਪ੍ਰਸ਼ਾਸ਼ਨ ਵਚਨਬੱਧ ਹੈ ਜਿਸ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਕਾਊਂਟਿੰਗ ਹਾਲ ਬਣਾਏ ਗਏ ਹਨ।
Author: DISHA DARPAN
Journalism is all about headlines and deadlines.