ਬਠਿੰਡਾ, 4 ਅਪ੍ਰੈਲ ( ਰਾਵਤ ) : ਨਰਮੇ ਦੀ ਬਿਜਾਈ ਲਈ ਪੰਜਾਬ ਸਰਕਾਰ ਵੱਲੋਂ 20 ਅਪ੍ਰੈਲ 2022 ਤੋਂ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਵੱਧ ਤੋਂ ਵੱਧ ਰਕਬੇ ਵਿੱਚ ਸਮੇ-ਸਿਰ ਨਰਮੇ ਦੀ ਬਿਜਾਈ ਕਰ ਸਕਣ। ਸੂਬਾ ਸਰਕਾਰ ਵੱਲੋ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਖਰੀਦ ਦੇ ਨਾਲ-ਨਾਲ ਬਿਜਲੀ ਦੀ ਸਪਲਾਈ ਦੇ ਵੀ ਉਚੇਚੇ ਤੌਰ ਤੇ ਢੁੱਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਇੱਥੇ ਖੇਤੀ ਭਵਨ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕੀਤਾ। ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਮੁੱਖ ਮਕਸਦ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣਾ ਅਤੇ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਆਧੁਨਿਕ ਤਕਨੀਕਾਂ ਰਾਹੀਂ ਖੇਤੀ ਕਰਨਾ ਹੈ।ਇਸ ਮੌਕੇ ਭੁਚੋਂ ਦੇ ਵਿਧਾਇਕ ਸ੍ਰੀ ਜਗਸੀਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ ਕੀਤੇ ਇੰਨਪੁਟਸ ਅਨੁਸਾਰ ਹੀ ਖੇਤੀ ਕਰਨ ਤਾਂ ਜੋ ਖੇਤੀ ਧੰਦੇ ਨੂੰ ਵੱਧ ਤੋਂ ਵੱਧ ਲਾਹੇਵੰਦ ਬਣਾਇਆ ਜਾ ਸਕੇ।
ਮੇਲੇ ਦੌਰਾਨ ਵਿਧਾਇਕ ਬਠਿੰਡਾ ਦਿਹਾਤੀ ਸ੍ਰੀ ਅਮਿਤ ਰਤਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋ ਪੰਜਾਬ ਸਰਕਾਰ ਨੂੰ ਨਵੀਨਤਮ ਤਕਨੀਕ ਅਨੁਸਾਰ ਡਿਜੀਟਲ ਖੇਤੀ ਐਪ ਤਿਆਰ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ ਤਾਂ ਜੋ ਕਿਸਾਨ ਘਰ ਬੈਠੇ ਹੀ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਸਿਫਾਰਸ਼ਾਂ ਦਾ ਫਾਇਦਾ ਲੈ ਸਕਣ। ਮੇਲੇ ਦਾ ਉਦਘਾਟਨ ਐਸ.ਡੀ.ਐਮ. ਬਠਿੰਡਾ ਸ੍ਰੀ ਕੰਵਰਜੀਤ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਨੁਮਾਇਸ਼ਾਂ ਨੂੰ ਬਹੁਤ ਹੀ ਧਿਆਨ ਨਾਲ ਵੇਖਿਆ ਗਿਆ। ਇਸ ਮੌਕੇ ਸ਼੍ਰੀ ਕੰਵਰਜੀਤ ਨੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤਕਨਾਲੋਜੀ ਨੂੰ ਅਪਣਾ ਕੇ ਵੱਧ ਤੋਂ ਵੱਧ ਮੁਨਾਫਾ ਲੈਣ ਦੀ ਅਪੀਲ ਵੀ ਕੀਤੀ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਪਾਖਰ ਸਿੰਘ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਪਿਛਲੇ ਸਾਲ ਸਾਉਣੀ 2021 ਦੌਰਾਨ 76000 ਹੈਕਟੇਅਰ ਰਕਬੇ ਵਿੱਚ ਨਰਮੇ ਦੇ ਮੁਕਾਬਲੇ ਇਸ ਸਾਲ ਨਰਮੇ ਹੇਠ 80000 ਹੈਕ. ਰਕਬੇ ਤੇ ਝੋਨੇ ਹੇਠ 182000 ਹੈਕਟੇਅਰ ਦੇ ਮੁਕਾਬਲੇ ਇਸ ਸਾਲ 178000 ਹੈਕ. ਰਕਬੇ ਵਿੱਚ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਾਣੀ ਦੀ ਖਪਤ ਨੂੰ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਅਪੀਲ ਕੀਤੀ।ਇਸ ਮੌਕੇ ਡਾ. ਪਾਖ਼ਰ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਰਮੇ ਦੀ ਬਿਜਾਈ ਤੋ ਪਹਿਲਾਂ-ਪਹਿਲਾਂ ਖੇਤਾਂ ਅਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਿਆ ਜਾਵੇ ਅਤੇ ਰਹਿੰਦ ਖੂੰਹਦ ਨੂੰ ਨਸ਼ਟ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਸਾਉਣੀ ਦੀਆਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਅਤੇ ਖਾਦਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕਰਕੇ ਮੰਗ ਅਨੁਸਾਰ ਬੀਜ ਅਤੇ ਖਾਦ ਦੇ ਪ੍ਰਬੰਧ ਕੀਤੇ ਗਏ ਹਨ।
Author: DISHA DARPAN
Journalism is all about headlines and deadlines.