ਲੁਧਿਆਣਾ, 7 ਅਪ੍ਰੈਲ ( ਰਾਵਤ ) – ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਤੀ 09 ਅਪ੍ਰੈਲ, 2022 ਦਿਨ ਸ਼ਨਿਚਰਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਫਿਰੋਜ਼ਪੁਰ ਰੋਡ, ਸਾਹਮਣੇ ਰਘੂਨਾਥ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੀਤਾ ਜਾਵੇਗਾ ਅਤੇ ਲੁਧਿਆਣਾ ਪੱਛਮੀ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ), ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਰਨਗੇ।ਉਨ੍ਹਾ ਦੱਸਿਆ ਕਿ ਇਸ ਕੈਂਪ ਦੌਰਾਨ ਪੀ.ਏ.ਯੂ. ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਵਿਸ਼ਾ-ਵਸਤੂ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਜਾਵੇਗੀ। ਇਸ ਕੈਂਪ ਦਾ ਮੁੱਖ ਆਕਰਸ਼ਣ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀ ਸਟਾਲ ਹੋਣਗੇ।ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
Author: DISHA DARPAN
Journalism is all about headlines and deadlines.