ਬਠਿੰਡਾ, 14 ਅਪ੍ਰੈਲ ( ਰਾਵਤ ): ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਮੇਂ ਸਿਰ ਖ਼ਰੀਦਿਆਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਆਰ.ਕੇ. ਕੌਸ਼ਿਕ ਨੇ ਸਥਾਨਕ ਮੁੱਖ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਦੌਰੇ ਦੌਰਾਨ ਉਨ੍ਹਾਂ ਲਹਿਰਾ ਬੇਗਾ, ਲਹਿਰਾ ਮੁਹੱਬਤ ਅਤੇ ਭੁੱਚੋਂ ਮੰਡੀ ਆਦਿ ਵਿੱਚ ਵੀ ਜਾ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਖ਼ਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਆਰ.ਕੇ. ਕੌਸ਼ਿਕ ਨੇ ਕਣਕ ਦੀ ਸੁਚੱਜੇ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਭਵਿੱਖ ਲਈ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਵਿੱਚ ਕੋਈ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੱਤਰਕਾਰਾਂ ਨਾਲ ਗੱਲਬਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਉਚਿਤ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਖਰੀਦੀ ਜਿਣਸ ਦੀ ਸਮੇਂ-ਸਿਰ ਅਦਾਇਗੀ, ਬਾਰਦਾਨੇ ਦੀ ਉਪਲਬਧਤਾ, ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ, ਟਰਾਂਸਪੋਰਟੇਸ਼ਨ ਦੇ ਨਾਲ-ਨਾਲ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਮੰਡੀਆਂ ਵਿੱਚ ਪੀਣ ਲਈ ਸਾਫ਼ ਪਾਣੀ, ਬੈਠਣ ਵਿਵਸਥਾ, ਲਾਈਟਾਂ, ਪਖਾਨਿਆਂ ਸਮੇਤ ਹੋਰ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ, ਸਗੋਂ ਸਿੱਧੀ ਬਿਜਾਈ ਨੂੰ ਪਹਿਲ ਦੇਣ ਜਿੱਥੇ ਇਸ ਨਾਲ ਫ਼ਸਲ ਦਾ ਝਾੜ ਵੱਧ ਹੋਵੇਗਾ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਪ੍ਰੀਤ ਕੰਵਲ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
Author: DISHA DARPAN
Journalism is all about headlines and deadlines.