ਲੁਧਿਆਣਾ, 14 ਅਪ੍ਰੈਲ ( ਰਾਵਤ ) – ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਡਾ.ਬੀ.ਆਰ.ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਹਾਲਾਂਕਿ ਡਾ. ਅੰਬੇਡਕਰ ਇੱਕ ਗਰੀਬ ਪਰਿਵਾਰ ਤੋਂ ਸਨ ਪਰ ਸਮਾਜ ਲਈ ਉਨ੍ਹਾਂ ਦੇ ਅਪਾਰ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵਵਿਆਪੀ ਨੇਤਾਵਾਂ ਦੀ ਲੜੀ ਵਿੱਚ ਲਿਆਂਦਾ ਹੈ। ਸ੍ਰੀਮਤੀ ਮਲਿਕ ਨੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ।
ਉਨ੍ਹਾਂ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ।ਇਸ ਮੌਕੇ ਐਸ.ਡੀ.ਐਮ. (ਪੱਛਮੀ) ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਸ. ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।।
Author: DISHA DARPAN
Journalism is all about headlines and deadlines.