ਬਠਿੰਡਾ, 23 ਅਪ੍ਰੈਲ ( ਰਮੇਸ਼ ਸਿੰਘ ਰਾਵਤ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ ਚੜ ਜਾਂਦੇ ਹਨ, ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਤੇ ਚੜਕੇ ਪੀਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲੀ ਜਾਂ ਖ਼ਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ ’ਤੇ ਚੜਕੇ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਚੜਕੇ ਲੁਕ ਕੇ ਭੰਨ-ਤੋੜ ਕੀਤੀ ਜਾ ਸਕਦੀ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਅਨੁਸਾਰ ਮਿੰਨੀ ਸਕੱਤਰੇਤ, ਬਠਿੰਡਾ ਵਿਚ ਕਾਗਜ਼ ਅਤੇ ਹੋਰ ਕੂੜਾ-ਕਰਕਟ ਨੂੰ ਉਸ ਦੀ ਸਹੀ ਥਾਂ ’ਤੇ ਸੁਟਵਾਉਣ ਦੀ ਹਦਾਇਤ ਕੀਤੀ ਹੈ। ਹੁਕਮ ਮੁਤਾਬਿਕ ਬੀੜੀ, ਸਿਗਰਟ ਦੇ ਟੋਟੇ ਜਾਂ ਹੋਰ ਗੰਦ ਮਿੰਨੀ ਸਕੱਤਰੇਤ ਦੀ ਇਮਾਰਤ ਦੇ ਅੰਦਰ ਨਾ ਸੁੱਟਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਨ, ਜਰਦਾ ਅਤੇ ਜਰਦੇ ਵਾਲੇ ਗੁਟਖੇ ਆਦਿ ਖਾ ਕੇ ਟੁਆਇਲਟ ਤੋਂ ਬਿਨਾਂ ਕਿਤੇ ਹੋਰ ਨਾ ਥੁੱਕਿਆ ਜਾਵੇ। ਇੱਕ ਵੱਖਰੇ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਅਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਫੁਰਸਿਤ ਅਤੇ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੋੁਰ ਹੁਕਮਾਂ ਮੁਤਾਬਿਕ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਉਪਰੋਕਤ ਹੁਕਮ ਜ਼ਿਲ੍ਹੇ ਅੰਦਰ 20 ਜੂਨ 2022 ਤੱਕ ਲਾਗੂ ਰਹਿਣਗੇ।
Author: DISHA DARPAN
Journalism is all about headlines and deadlines.