ਨਸ਼ਾ ਮੁਕਤੀ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ/ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਾਂਝੀ ਮੁਹਿੰਮ ਚਲਾਉਣ ਦੀ ਹਦਾਇਤ
ਬਠਿੰਡਾ, 29 ਅਪ੍ਰੈਲ (ਰਮੇਸ਼ ਸਿੰਘ ਰਾਵਤ) : ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਮੁਕਤੀ ਪਾਉਣ ਲਈ ਨੌਜਵਾਨਾਂ ਦੀ ਮਾਨਸਿਕਤਾ ਨੂੰ ਬਦਲਣਾ ਅਤਿ ਜ਼ਰੂਰੀ ਹੈ। ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਸਾਂਝੇ ਤੌਰ ਤੇ ਸੈਮੀਨਾਰ, ਭਾਸ਼ਣ, ਪੇਟਿੰਗ ਮੁਕਾਬਲੇ ਕਰਵਾਏ ਜਾਣ। ਇਸ ਵਾਸਤੇ ਹਰ ਵਰਗ ਅਤੇ ਪਿੰਡਾਂ ਦੀ ਪੰਚਾਇਤਾਂ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਾ ਮੁਕਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਸੈਂਟਰਾਂ ਚ ਨਸ਼ਾ ਪ੍ਰਭਾਵਿਤ ਵਿਅਕਤੀਆਂ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਦੇ ਮਾਨਸਿਕਤਾ ਪੱਧਰ ਨੂੰ ਉੱਚਾ ਚੁੱਕਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਮਾਂ ਤਹਿ ਕਰਕੇ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਭਾਸ਼ਣ, ਪੇਟਿੰਗ ਅਤੇ ਲੇਖ ਆਦਿ ਮੁਕਾਬਲੇ ਕਰਵਾ ਕੇ ਉਨ੍ਹਾਂ ਨੂੰ ਸਨਮਾਨਿਤ ਤੇ ਹੌਂਸਲਾ ਅਫ਼ਜਾਈ ਵੀ ਕੀਤੀ ਜਾਵੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਪ੍ਰੋਜੈਕਟਰਾਂ ਰਾਹੀਂ ਨਸ਼ਾ ਮੁਕਤੀ ਸਬੰਧੀ ਵੀਡੀਓ ਰਾਹੀਂ ਸੁਨੇਹਾ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਪਿੰਡ ਪੱਧਰ ਤੇ ਪੰਚਾਇਤਾਂ ਨਾਲ ਸੰਪਰਕ ਕਰਕੇ ਹਰੇਕ ਪਿੰਡ ਵਿੱਚ ਸ਼ਾਮ ਦੇ ਸਮੇਂ ਹਰ ਰੋਜ਼ 2 ਘੰਟੇ ਨੌਜਵਾਨਾਂ ਵਿੱਚਕਾਰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣ। ਉਨ੍ਹਾਂ ਇੱਕ ਪਿੰਡ ਦੇ ਦੂਸਰੇ ਪਿੰਡ ਨਾਲ ਫ਼ਿਰ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਖੇਡ ਮੁਕਾਬਲੇ ਵੀ ਕਰਵਾਏ ਜਾਣ। ਇਸ ਕੰਮ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਨਹਿਰੂ ਯੁਵਾ ਕੇਂਦਰਾਂ ਦਾ ਵੀ ਸਹਿਯੋਗ ਲਿਆ ਜਾਵੇ ਤੇ ਜੇਤੂ ਖਿਡਾਰੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇ।
ਇਸ ਮੌਕੇ ਲੀਡ ਬੈਂਕ ਮਨੇਜ਼ਰ ਨੂੰ ਹਦਾਇਤ ਕੀਤੀ ਕਿ ਆਰਸੇਟੀ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਿੱਤਾ ਮੁੱਖੀ ਕੋਰਸ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾ ਉੱਤੇ ਖੜ੍ਹਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਆਂਗਨਵਾੜੀ ਸੈਂਟਰਾਂ ਦਾ ਵੀ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਲਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਰੁਣ ਸ਼ਰਮਾ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੇਵਾ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਸੈਕਟਰੀ ਜ਼ਿਲ੍ਹਾ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਲੀਡ ਬੈਂਕ ਮਨੈਜ਼ਰ ਸ਼੍ਰੀ ਇਕਬਾਲ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Author: DISHA DARPAN
Journalism is all about headlines and deadlines.