ਬਠਿੰਡਾ, 7 ਅਗਸਤ ( RAMESH SINGH RAWAT ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਅਤੇ ਬਠਿੰਡਾ ਦਿਹਾਤੀ ਦੇ ਵਿਧਾਇਕ ਸ੍ਰੀ ਅਮਿਤ ਰਤਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਨਾਲ ਸਬੰਧਤ 24 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ 20 ਲੱਖ ਰੁਪਏ ਦੇ ਚੈਕ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸੀਨੀਅਰ ਆਪ ਆਗੂ ਸ੍ਰੀ ਨੀਲ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਚੈਕ ਵੰਡਣ ਮੌਕੇ ਵਿਧਾਇਕ ਸ. ਜਗਰੂਪ ਗਿੱਲ ਅਤੇ ਸ੍ਰੀ ਅਮਿਤ ਰਤਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਛੇੜੇ ਗਏ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੀ ਮਾਲੀ ਮੱਦਦ ਕਰਨ ਦਾ ਜੋ ਵਾਧਾ ਕੀਤਾ ਸੀ, ਉਹ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦਿੱਲੀ ਕਿਸਾਨ ਮੋਰਚੇ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਕੁੱਲ 82 ਕਿਸਾਨ ਸ਼ਹੀਦ ਹੋਏ ਸਨ। ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ 58 ਪਰਿਵਾਰਕ ਮੈਂਬਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੇ ਚੈਕ ਦਿੱਤੇ ਜਾ ਚੁੱਕੇ ਹਨ।ਇਸ ਮੌਕੇ ਸ਼ਹੀਦ ਹੋਏ ਕਿਸਾਨ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।