ਲੁਧਿਆਣਾ, 27 ਦਸੰਬਰ 2023 ( ਰਾਵਤ ) ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।ਇਸ ਮੌਕੇ ਉਨ੍ਹਾ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ, ਐਸ.ਐਮ.ਓਜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਮ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ ‘ਤੇ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਿੱਥੇ ਜਲਦ 1300 ਹੋਰ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਉੱਥੇ ਨਰਸਿੰਗ ਸਟਾਫ ਦੇ ਨਾਲ-ਨਾਲ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਵਿਸਤਾਰ ਕਰਦਿਆਂ ਐਕਸ-ਰੇ ਅਤੇ ਅਲਟਰਾਸਾਊਂਡ ਵਰਗੀਆਂ ਸਹੂਲਤਾਂ ਵੀ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾ ਸਪੱਸ਼ਟ ਕੀਤਾ ਕਿ 15 ਫਰਵਰੀ, 2024 ਤੱਕ 280 ਪ੍ਰਕਾਰ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ ਜਿਸ ਵਿੱਚੋਂ ਕਰੀਬ 190 ਤਰ੍ਹਾਂ ਦੀਆਂ ਦਵਾਈਆਂ ਜਨਵਰੀ ਮਹੀਨੇ ਦੇ ਅੰਦਰ ਹੀ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੀ ਖੱਜਲ ਖੁਆਰੀ ਘਟਾਉਣ ਲਈ ਸਾਰੀਆਂ ਹੀ ਦਵਾਈਆਂ ਹਸਪਤਾਲ ਦੇ ਅੰਦਰੋਂ ਮਿਲਣਗੀਆਂ ਅਤੇ ਕੋਈ ਵੀ ਦਵਾਈ ਬਾਹਰੋਂ ਨਹੀਂ ਲੈਣੀ ਪਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲਾਂ ਦੀ ਸੁਚਾਰੂ ਕਾਰਜ਼ਸ਼ੀਲਤਾ ਅਤੇ ਮਰੀਜ਼ਾਂ ਨੂੰ ਚੰਗਾ ਇਲਾ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਹਸਪਤਾਲ ਪੱਧਰ ‘ਤੇ ਮੁੱਖ ਮੰਤਰੀ ਰੋਗੀ ਵੈਲਫੇਅਰ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਹਲਕਾ ਵਿਧਾਇਕ, ਸਿਵਲ ਸਰਜਨ, ਐਸ.ਐਮ.ਓ., ਪ੍ਰੋਗਰਾਮ ਅਫ਼ਸਰ, ਐਨ.ਜੀ.ਓਜ ਦੇ ਨੁਮਾਇੰਦੇ ਮੈਂਬਰ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ 75 ਦੇ ਕਰੀਬ ਆਮ ਆਦਮੀ ਕਲੀਨਿਕਾਂ ਰਾਹੀਂ ਸੁਚਾਰੂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ 20 ਦੇ ਕਰੀਬ ਹੋਰ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੇ ਜਾਣਗੇ। ਉਨ੍ਹਾ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅੰਦਰ 70 ਦੇ ਕਰੀਬ ਮਾਹਿਰ ਡਾਕਟਰ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਲਗਭਗ 16 ਵੱਖ-ਵੱਖ ਨਰਸਿੰਗ ਕਾਲਜ਼ਾਂ ਦੇ ਵਿਦਿਆਰਥੀਆਂ ਦੀਆਂ ਵੀ ਸੇਵਾਵਾਂ ਲਈਆਂ ਜਾਣਗੀਆਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਕਰਨਗੇ। ਉਨ੍ਹਾਂ ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਫਾਈ ਵਿਵਸਥਾ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦਾ ਜੁਆਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਸਿਹਤ ਵਿਭਾਗ ਸੁਹਿਰਦ ਹੈ ਅਤੇ ਕਿਸੇ ਨੂੰ ਵੀ ਇਸ ਤੋਂ ਡਰਨ ਦੀ ਜਰੂਰਤ ਨਹੀਂ ਹੈ। ਮੂੰਹ ‘ਤੇ ਮਾਸਕ ਪਾਉਣ ਸਬੰਧੀ ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਲੋਕ ਜਿਆਦਾਤਰ ਬਿਮਾਰ ਰਹਿੰਦੇ ਹਨ, ਉਨ੍ਹਾਂ ਲਈ ਵਿਆਹ ਸ਼ਾਦੀ ਸਮੇਤ ਕਿਸੇ ਸਮਾਗਮ ਜਾਂ ਭੀੜ ਭੜੱਕੇ ਵਾਲੀ ਜਗ੍ਹਾ ‘ਤੇ ਜਾਣ ਵੇਲੇ ਮਾਸਕ ਪਾਉਣਾ ਲਾਹੇਵੰਦ ਹੋਵੇਗਾ।
Author: DISHA DARPAN
Journalism is all about headlines and deadlines.