ਬਠਿੰਡਾ, 29 ਦਸੰਬਰ 2023 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਇਸ ਸਾਲ ਇੱਕ ਵੱਡੇ ਰਕਬੇ ਵਿੱਚ ਕਣਕ ਦੀ ਬਿਜਾਈ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫਸ ਸੀਡਰ ਅਤੇ ਉਲਟਾਵੇ ‘ਹਲਾਂ ਨਾਲ ਝੋਨੇ ਦੀ ਨਾੜ ਨੂੰ ਖੇਤ ਵਿੱਚ ਸੰਭਾਲ ਕੇ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਕਣਕ ਦੇ ਖੇਤਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਖਬਰਾਂ ਕਰਕੇ ਕਿਸਾਨ ਬਹੁਤ ਘਬਰਾਹਟ ਵਿੱਚ ਹਨ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਘਬਰਾਉਣ ਦੀ ਬਜਾਏ ਖੇਤੀਬਾੜੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸੁੰਡੀ ਦੇ ਸਰਵਪੱਖੀ ਕੀਟ ਪ੍ਰਬੰਧਨ ਨੂੰ ਅਪਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਤਣੇ ਦੀ ਗੁਲਾਬੀ ਸੁੰਡੀ ਦਾ ਥੋੜ੍ਹਾ ਹਮਲਾ ਪਾਣੀ ਲਾਉਣ ਨਾਲ ਆਪਣੇ ਆਪ ਠੀਕ ਹੋ ਜਾਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਘਟਣ ਨਾਲ ਸੁੰਡੀ ਦਾ ਵਧਣਾ-ਫੁੱਲਣਾ ਰੁਕ ਜਾਵੇਗਾ ਅਤੇ ਇਸ ਨਾਲ ਹਮਲਾ ਘਟ ਜਾਵੇਗਾ।ਡਾ. ਹਸਨ ਸਿੰਘ ਨੇ ਕਿਹਾ ਕਿ ਜੇਕਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋਗਰਾਮ ਮੋਰਟਲ/ਰੀਜੈਂਟ 0.3 ਜੀ (ਫਿਪਰੋਨਿਲ) ਜਾਂ ਇੱਕ ਲਿਟਰ ਡਰਸਬਾਨ 20 ਈਸੀ(ਕਲੋਰੋਪਾਇਰੀਫਾਸ) ਜਾਂ 50 ਮਿਲੀਲਿਟਰ ਕੋਰਾਜਨ 18.5 ਐਸ.ਸੀ (ਕਲੋਰਐਟਰਾਨਿਲੀਪਰੋਲ) ਨੂੰ 80 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਨੈਪਸੈਕ ਪੰਪ ਨਾਲ ਛਿੜਕਾਅ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਣਕ ਦੇ ਖੇਤਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਬਲਾਕਵਾਰ ਸਰਕਲਵਾਈਜ਼ ਸਰਵੇਲੈਂਸ ਟੀਮਾਂ ਵੱਲੋ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਪ੍ਰੰਤੂ ਇਸ ਦੇ ਨਾਲ ਕਿਸਾਨ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਕਣਕ ਦੀ ਫਸਲ ਤੇ ਕਿਸੇ ਵੀ ਕਿਸਮ ਦੇ ਕੀਟ ਪਤੰਗੇ ਦਾ ਹਮਲਾ ਹੁੰਦਾ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।
Author: DISHA DARPAN
Journalism is all about headlines and deadlines.