ਲੁਧਿਆਣਾ, 31 ਦਸੰਬਰ 2023 ( ਰਾਵਤ ) ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਆਰ.ਓ.ਬੀ. ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਦੀ ਹਾਜ਼ਰੀ ਵਿੱਚ ਕੀਤਾ। ਇਸ ਤੋਂ ਇਲਾਵਾ, ਲੁਧਿਆਣਾ (ਪੱਛਮੀ) ਹਲਕੇ ਦੇ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ‘ਕਲੀਨਿਕ ਆਨ ਵ੍ਹੀਲਜ਼’ ਨੂੰ ਵੀ ਸਮਰਪਿਤ ਕੀਤਾ। ਅੱਜ ਰਾਣੀ ਝਾਂਸੀ ਐਨਕਲੇਵ ਵਿੱਚ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ ਦੀ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ, ਜਿਸ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ‘ਕਲੀਨਿਕ ਆਨ ਵ੍ਹੀਲਜ਼’ ਬੱਸ ਵੀ ਸ਼ਹਿਰ ਵਾਸੀਆਂ ਲਈ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਵੱਡੀ ਬੱਸ ਨੂੰ ਚੱਲਦੇ ਕਲੀਨਿਕ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਵਸਨੀਕਾਂ ਨੂੰ ਵਧੀਆ ਡਾਕਟਰੀ ਇਲਾਜ, ਟੈਸਟ ਅਤੇ ਦਵਾਈਆਂ ਬਿਲਕੁਲ ਮੁਫ਼ਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਇਹ ਪਹਿਲੀ ਬੱਸ ਸਮਰਪਿਤ ਕੀਤੀ ਗਈ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਬੱਸਾਂ ਸ਼ਹਿਰ ਵਾਸੀਆਂ ਦੀ ਭਲਾਈ ਲਈ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ‘ਕਲੀਨਿਕ ਆਨ ਵ੍ਹੀਲਜ਼’ ਹਰ ਰੋਜ਼ ਇੱਕ-ਇੱਕ ਵਾਰਡ ਵਿੱਚ ਜਾ ਕੇ ਵਸਨੀਕਾਂ ਨੂੰ ਇਲਾਜ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਰਾਹੀਂ ਘਰ-ਘਰ ਜਾ ਕੇ ਉਨ੍ਹਾਂ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਹੜੇ ਮਰੀਜ਼ ਵਡੇਰੀ ਉਮਰੇ ਕਿਸੇ ਸੱਟ-ਚੋਟ ਕਾਰਨ ਆਮ ਆਦਮੀ ਕਲੀਨਿਕਾਂ ਤੱਕ ਪਹੁੰਚ ਕਰਨ ਤੋਂ ਅਸਮਰੱਥ ਹਨ। ਵਿਧਾਇਕ ਗੋਗੀ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਰਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੈਂਕੜੇ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਵਿਧਾਇਕਾਂ ਨੇ ਸ਼ਹਿਰ ਦੇ ਰਾਣੀ ਝਾਂਸੀ ਐਨਕਲੇਵ ਖੇਤਰ ਵਿੱਚ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਤਨਵੀਰ ਸਿੰਘ ਧਾਲੀਵਾਲ, ਅੰਮ੍ਰਿਤ ਵਰਸ਼ਾ ਰਾਮਪਾਲ, ਕਿਰਨ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Author: DISHA DARPAN
Journalism is all about headlines and deadlines.