ਲੁਧਿਆਣਾ, 09 ਜਨਵਰੀ 2024 ( ਰਾਵਤ )ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰ ਸਿੰਘ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।ਸ. ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਮਨਰੇਗਾ, ਧਾਂਦਰਾ ਕਲੱਸਟਰ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।
Author: DISHA DARPAN
Journalism is all about headlines and deadlines.